ਨਵੀਂ ਦਿੱਲੀ: NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਲਗਾਤਾਰ ਵੱਧ ਰਹੇ ਦਬਾਅ ਵਿਚਕਾਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ਨੀਵਾਰ ਸ਼ਾਮ ਕਰੀਬ 8:15 ਵਜੇ ਉਨ੍ਹਾਂ ਦੇ ਮੰਤਰਾਲੇ ਦਾ ਵਾਧੂ ਚਾਰਜ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਸੌਂਪ ਦਿੱਤਾ ਗਿਆ। ਜੋਸ਼ੀ ਇਸ ਵੇਲੇ ਖਾਦ ਅਤੇ ਜਨਤਕ ਵੰਡ, ਊਰਜਾ ਅਤੇ ਉਪਭੋਗਤਾ ਮਾਮਲਿਆਂ ਦੇ ਮੰਤਰੀ ਵੀ ਹਨ।
NEET ਪੇਪਰ ਲੀਕ ਮਾਮਲੇ ਵਿੱਚ ਅਸਤੀਫੇ ਦੀ ਮੰਗ ਕਰਦਿਆਂ ਕਾਕਰੋਚ ਜਨਤਾ ਪਾਰਟੀ (CJP) ਪਿਛਲੇ 36 ਦਿਨਾਂ ਤੋਂ ਜੰਤਰ-ਮੰਤਰ ‘ਤੇ ਧਰਨਾ ਦੇ ਰਹੀ ਸੀ। ਅਸਤੀਫੇ ਦੀ ਘੋਸ਼ਣਾ ਤੋਂ ਬਾਅਦ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ ਕਿਹਾ ਕਿ ਸਰਕਾਰ ਦਾਅਵਾ ਕਰਦੀ ਸੀ ਕਿ ਉਸ ਦੇ ਕਾਰਜਕਾਲ ਵਿੱਚ ਅਸਤੀਫੇ ਨਹੀਂ ਹੁੰਦੇ, ਪਰ ਆਖ਼ਰਕਾਰ ਲੋਕਾਂ ਦੇ ਸੰਘਰਸ਼ ਨੇ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ।
ਅਸਤੀਫੇ ਤੋਂ ਬਾਅਦ ਧਰਮੇਂਦਰ ਪ੍ਰਧਾਨ ਨੇ ਦੋ ਸਫ਼ਿਆਂ ਅਤੇ ਕਰੀਬ 575 ਸ਼ਬਦਾਂ ਦੀ ਇੱਕ ਚਿੱਠੀ ਜਾਰੀ ਕੀਤੀ। ਇਸ ਚਿੱਠੀ ਵਿੱਚ ਉਨ੍ਹਾਂ ਨੇ ਆਪਣੇ ਕਾਰਜਕਾਲ ਅਤੇ ਮਾਮਲੇ ਨਾਲ ਜੁੜੇ ਕਈ ਮੁੱਦਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਇਸ ਵਿਵਾਦ ਦੌਰਾਨ ਨੌਜਵਾਨਾਂ ਨੂੰ ਭਰਮਿਤ ਕਰਨ ਦੀ ਕੋਸ਼ਿਸ਼ ਕੀਤੀ ਗਈ।
ਸਾਲ 2014 ਵਿੱਚ ਨਰਿੰਦਰ ਮੋਦੀ ਸਰਕਾਰ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਕੇਂਦਰੀ ਮੰਤਰੀ ਨੂੰ ਜਨਤਕ ਵਿਰੋਧ ਅਤੇ ਲਗਾਤਾਰ ਚੱਲੇ ਆੰਦੋਲਨ ਦੇ ਦਬਾਅ ਕਾਰਨ ਅਸਤੀਫਾ ਦੇਣਾ ਪਿਆ ਹੈ। ਇਸ ਤੋਂ ਪਹਿਲਾਂ 2018 ਵਿੱਚ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਨੇ ‘ਮੀ ਟੂ’ ਅੰਦੋਲਨ ਦੌਰਾਨ ਆਪਣੇ ਉੱਤੇ ਲੱਗੇ ਯੌਨ ਸ਼ੋਸ਼ਣ ਦੇ ਦੋਸ਼ਾਂ ਕਾਰਨ ਅਸਤੀਫਾ ਦਿੱਤਾ ਸੀ।
ਅਭਿਜੀਤ ਦੀਪਕੇ ਨੇ ਕਿਹਾ ਕਿ ਸਿਰਫ਼ ਸਿੱਖਿਆ ਮੰਤਰੀ ਦਾ ਅਸਤੀਫਾ ਹੀ ਉਨ੍ਹਾਂ ਦੀ ਲੜਾਈ ਦਾ ਅੰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇਸ ਮਾਮਲੇ ਕਾਰਨ ਖੁਦਕੁਸ਼ੀ ਕੀਤੀ, ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਪ੍ਰਦਰਸ਼ਨ ਦੌਰਾਨ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। CJP ਨੇ ਸੋਸ਼ਲ ਮੀਡੀਆ ‘ਤੇ ਇਸ ਨੂੰ “ਕਾਕਰੋਚ ਦੀ ਜਿੱਤ” ਦੱਸਿਆ।
ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਵੀ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ, ਸ਼ਾਂਤੀ, ਧੀਰਜ ਅਤੇ ਲੋਕਾਂ ਦੀ ਏਕਤਾ ਦੀ ਜਿੱਤ ਹੈ। ਉਨ੍ਹਾਂ ਨੇ CJP ਅਤੇ Gen Z ਨੂੰ ਵਧਾਈ ਦਿੱਤੀ ਅਤੇ ਦੇਸ਼ ਭਰ ਦੇ ਉਹਨਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਅੰਦੋਲਨ ਦਾ ਸਮਰਥਨ ਕੀਤਾ।
ਇਸ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ NEET ਪੇਪਰ ਲੀਕ ਮਾਮਲੇ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ 47 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਸੀ। ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕਰਨ ਦੀ ਵੀ ਗੱਲ ਕਹੀ ਸੀ। ਇਸ ਤੋਂ ਇਲਾਵਾ ਸਿੱਖਿਆ ਮੰਤਰਾਲੇ ਦੇ ਦੋ ਸਕੱਤਰਾਂ ਦੀ ਵੀ ਬਦਲੀ ਕੀਤੀ ਗਈ ਸੀ।
ਅਭਿਜੀਤ ਦੀਪਕੇ ਨੇ ਆਪਣੇ ਬਿਆਨ ਦੌਰਾਨ 2015 ਵਿੱਚ ਤਤਕਾਲੀਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਉਸ ਬਿਆਨ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਭਾਜਪਾ ਸਰਕਾਰ ਵਿੱਚ ਅਸਤੀਫੇ ਨਹੀਂ ਹੁੰਦੇ। ਦੀਪਕੇ ਨੇ ਕਿਹਾ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਇਸ ਗੱਲ ਦਾ ਸਬੂਤ ਹੈ ਕਿ ਜਦੋਂ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰਦੇ ਹਨ ਤਾਂ ਸਰਕਾਰ ਨੂੰ ਵੀ ਆਪਣੇ ਫੈਸਲੇ ਬਦਲਣੇ ਪੈਂਦੇ ਹਨ।







